ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੋਂ ਡਰਿਆ ਕੇਜਰੀਵਾਲ, ਕਰ ਦਿੱਤੀ ਇਹ ਮੰਗ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੋਂ ਡਰੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੇਜਰੀਵਾਲ ਨੂੰ ਪਰਾਲੀ ਦੇ ਧੂੰਏਂ ਦਾ ਡਰ ਸਤਾਉਣ ਲੱਗਾ ਹੈ। ਇਸੇ ਸਬੰਧ ਵਿੱਚ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਹਨ ਅਤੇ ਕਿਹਾ ਹੈ ਕਿ ਉਹ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕਣ।

ਨਾਲ ਹੀ ਕੇਜਰੀਵਾਲ ਨੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਵਧਣ ਤੋਂ ਰੋਕਿਆ ਜਾ ਸਕੇ। ਕੇਜਰੀਵਾਲ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ਵਿੱਚ ਪਰਾਲੀ ਫੂਕਣ ਦੀ ਸ਼ੁਰੂਆਤ ਹੋ ਚੁੱਕੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਕਿਹਾ ਕਿ ਪਰਾਲੀ ਦਾ ਧੂੰਆਂ ਹਰ ਸਾਲ ਨਵੰਬਰ ’ਚ ਦਿੱਲੀ ਦੀ ਹਵਾ ਨੂੰ ਤੇਜ਼ੀ ਨਾਲ ਪ੍ਰਦੂਸ਼ਿਤ ਕਰਦਾ ਹੈ,

ਜਿਸ ਕਾਰਨ ਉਨ੍ਹਾਂ ਨੇ ਵੀਰਵਾਰ ਨੂੰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਸਣੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਪੱਤਰ ਲਿਖੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਉਮੀਦ ਕਰਦਾ ਹਾਂ ਕਿ ਗਵਾਂਢੀ ਰਾਜਾਂ ਦੇ ਮੁੱਖ ਮੰਤਰੀ ਅਤੇ ਕੇਂਦਰੀ ਵਾਤਾਵਰਨ ਮੰਤਰਾਲੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਤੁਰੰਤ ਅਤੇ ਸਖਤ ਕਦਮ ਚੁੱਕਣਗੇ।

ਨਾਲ ਹੀ ਅਰਵਿੰਦ ਕੇਜਰੀਵਾਲ ਨੇ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਕਿ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸੂਬੇ ਦੇ ਲੋਕਾਂ ਦੀ ਸਿਹਤ ਹੁੰਦੀ ਹੈ। ਪਰ ਪੂਰੇ ਉੱਤਰ ਭਾਰਤ ਵਿੱਚ ਹਰ ਸਾਲ ਸਰਦੀਆਂ ’ਚ ਲੋਕਾਂ ਨੂੰ ਹਵਾ ਪ੍ਰਦੂਸ਼ਣ ਕਾਰਨ ਪ੍ਰੇਸ਼ਾਨ ਹੋਣਾ ਪੈਂਦਾ ਹੈ। ਇਸ ਮਸਲੇ ਨੂੰ ਧਿਆਨ ਵਿੱਚ ਰੱਖ ਕੇ ਸਾਨੂੰ ਸਾਰਿਆਂ ਨੂੰ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਤੇ ਦਿੱਲੀ ਦੇ ਲੋਕਾਂ ਦੇ ਯਤਨਾਂ ਨਾਲ ਦਿੱਲੀ ਉਨ੍ਹਾਂ ਸ਼ਹਿਰਾਂ ’ਚ ਸ਼ਾਮਲ ਹੋ ਗਈ ਹੈ ਜਿੱਥੇ ਪਿਛਲੇ ਚਾਰ ਸਾਲਾਂ ’ਚ ਪ੍ਰਦੂਸ਼ਣ 25 ਫ਼ੀਸਦੀ ਘਟਿਆ ਹੈ।